[1] ਫੇਰ ਅਲੀਫਾਜ਼ ਤੇਮਾਨੀ ਨੇ ਉੱਤਰ ਦੇ ਕੇ ਆਖਿਆ,
[2] “ਕੀ ਕੋਈ ਮਨੁੱਖ ਪਰਮੇਸ਼ੁਰ ਲਈ ਲਾਭਦਾਇਕ ਹੋ ਸਕਦਾ ਹੈ? ਸੱਚ-ਮੁੱਚ ਸਿਆਣਾ ਮਨੁੱਖ ਵੀ ਆਪਣੇ ਹੀ ਜੋਗਾ ਹੈ।
[3] ਤੇਰੇ ਧਰਮੀ ਹੋਣ ਨਾਲ ਸਰਬ ਸ਼ਕਤੀਮਾਨ ਨੂੰ ਕੀ ਖੁਸ਼ੀ ਹੈ? ਜਾਂ ਤੇਰੀਆਂ ਖਰੀਆਂ ਚਾਲਾਂ ਨਾਲ ਉਹ ਨੂੰ ਕੀ ਲਾਭ ਹੁੰਦਾ ਹੈ?
[4] “ਕੀ ਤੇਰੇ ਡਰਨ ਦੇ ਕਾਰਨ ਉਹ ਤੈਨੂੰ ਝਿੜਕਦਾ ਹੈ, ਅਤੇ ਤੇਰੇ ਨਾਲ ਮੁਕੱਦਮਾ ਲੜਦਾ ਹੈ?
[5] ਕੀ ਤੇਰੀ ਬੁਰਿਆਈ ਵੱਡੀ ਨਹੀਂ, ਅਤੇ ਤੇਰੀਆਂ ਬਦੀਆਂ ਦੀ ਕੋਈ ਹੱਦ ਹੈ?
[6] ਕਿਉਂਕਿ ਤੂੰ ਆਪਣੇ ਭਰਾਵਾਂ ਦੀਆਂ ਵਸਤਾਂ ਬੇਵਜ੍ਹਾ ਗਹਿਣੇ ਰੱਖ ਲਈਆਂ ਹਨ, ਅਤੇ ਨੰਗਿਆਂ ਦੇ ਵੀ ਕੱਪੜੇ ਲਾਹ ਲਏ ਹਨ।
[7] ਤੂੰ ਥੱਕੇ ਨੂੰ ਪਾਣੀ ਨਹੀਂ ਪਿਲਾਇਆ, ਅਤੇ ਭੁੱਖੇ ਨੂੰ ਰੋਟੀ ਦੇਣ ਤੋਂ ਇਨਕਾਰ ਕੀਤਾ।
[8] ਬਲਵੰਤ ਮਨੁੱਖ ਨੂੰ ਦੇਸ ਮਿਲ ਗਿਆ, ਅਤੇ ਜਿਹੜਾ ਮੰਨਿਆ-ਪ੍ਰਮੰਨਿਆ ਸੀ, ਉਹ ਉਸ ਵਿੱਚ ਵੱਸ ਗਿਆ।
[9] ਤੂੰ ਵਿਧਵਾਵਾਂ ਨੂੰ ਖਾਲੀ ਮੋੜ ਦਿੱਤਾ, ਅਤੇ ਯਤੀਮਾਂ ਦੀਆਂ ਬਾਹਾਂ ਭੰਨ ਦਿੱਤੀਆਂ।
[10] ਇਸ ਲਈ ਫੰਦੇ ਤੇਰੇ ਆਲੇ-ਦੁਆਲੇ ਹਨ, ਅਤੇ ਅਚਾਨਕ ਆਉਣ ਵਾਲੇ ਭੈਅ ਤੋਂ ਤੂੰ ਘਬਰਾਉਂਦਾ ਹੈ!
[11] ਕੀ ਤੂੰ ਹਨੇਰੇ ਨੂੰ ਨਹੀਂ ਵੇਖਦਾ, ਅਤੇ ਪਾਣੀ ਦੇ ਹੜ੍ਹ ਨੂੰ ਜਿਹੜਾ ਤੈਨੂੰ ਢੱਕ ਲੈਂਦਾ ਹੈ?
[12] “ਕੀ ਪਰਮੇਸ਼ੁਰ ਸਵਰਗ ਦੀ ਉਚਿਆਈ ਵਿੱਚ ਨਹੀਂ? ਤਾਰਿਆਂ ਦੀ ਉਚਿਆਈ ਵੇਖ ਕਿ ਉਹ ਕਿੰਨੇ ਉੱਚੇ ਹਨ!
[13] ਅਤੇ ਤੂੰ ਆਖਦਾ ਹੈਂ, ਪਰਮੇਸ਼ੁਰ ਕੀ ਜਾਣਦਾ ਹੈ? ਕੀ ਉਹ ਘੁੱਪ ਹਨੇਰੇ ਵਿੱਚੋਂ ਨਿਆਂ ਕਰ ਸਕਦਾ ਹੈ?
[14] ਬੱਦਲਾਂ ਦੀਆਂ ਘਟਾਂ ਉਹ ਦਾ ਪਰਦਾ ਹਨ, ਤਾਂ ਜੋ ਉਹ ਵੇਖ ਨਾ ਸਕੇ, ਅਤੇ ਉਹ ਤਾਂ ਅਕਾਸ਼ ਮੰਡਲ ਉੱਤੇ ਹੀ ਚਲਦਾ ਫਿਰਦਾ ਹੈ।
[15] ਕੀ ਤੂੰ ਉਸ ਪੁਰਾਣੇ ਰਾਹ ਨੂੰ ਫੜ੍ਹ ਕੇ ਰੱਖੇਂਗਾ, ਜਿਸ ਵਿੱਚ ਦੁਸ਼ਟ ਮਨੁੱਖ ਚਲਦੇ ਸਨ?
[16] ਜਿਹੜੇ ਆਪਣੇ ਸਮੇਂ ਤੋਂ ਪਹਿਲਾਂ ਚੁੱਕੇ ਗਏ, ਜਿਹਨਾਂ ਦੀ ਨੀਂਹ ਦਰਿਆ ਨਾਲ ਰੁੜ੍ਹ ਗਈ,
[17] ਜਿਹੜੇ ਪਰਮੇਸ਼ੁਰ ਨੂੰ ਕਹਿੰਦੇ ਸਨ, ਸਾਥੋਂ ਦੂਰ ਹੋ! ਅਤੇ ਸਰਬ ਸ਼ਕਤੀਮਾਨ ਪਰਮੇਸ਼ੁਰ ਸਾਡਾ ਕੀ ਕਰ ਸਕਦਾ ਹੈ?
[18] ਤਾਂ ਵੀ ਉਸ ਨੇ ਉਹਨਾਂ ਦੇ ਘਰਾਂ ਨੂੰ ਉੱਤਮ ਪਦਾਰਥਾਂ ਨਾਲ ਭਰ ਦਿੱਤਾ, ਪਰ ਦੁਸ਼ਟਾਂ ਦੀ ਸਲਾਹ ਮੈਥੋਂ ਦੂਰ ਹੋਵੇ!
[19] ਧਰਮੀ ਵੇਖ ਕੇ ਖੁਸ਼ ਹੁੰਦੇ, ਅਤੇ ਨਿਰਦੋਸ਼ ਉਹ ਦੀ ਹਾਸੀ ਉਡਾਉਂਦੇ ਹਨ,
[20] ਸੱਚ-ਮੁੱਚ ਸਾਡੇ ਵਿਰੋਧੀ ਮਿੱਟ ਗਏ, ਅਤੇ ਅੱਗ ਨੇ ਉਹਨਾਂ ਦੀ ਰਹਿੰਦ-ਖੁਹੰਦ ਨੂੰ ਭੱਖ ਲਿਆ!
[21] “ਪਰਮੇਸ਼ੁਰ ਦੇ ਨਾਲ ਮਿਲਿਆ ਰਹਿ ਅਤੇ ਸੁਖੀ ਰਹਿ, ਤਾਂ ਤੇਰੀ ਭਲਿਆਈ ਹੋਵੇਗੀ।
[22] ਹੁਣ ਉਹ ਦੇ ਮੂੰਹ ਦੀ ਸਿੱਖਿਆ ਸੁਣ, ਅਤੇ ਉਹ ਦੇ ਬਚਨਾਂ ਨੂੰ ਆਪਣੇ ਦਿਲ ਵਿੱਚ ਰੱਖ।
[23] ਜੇ ਤੂੰ ਸਰਬ ਸ਼ਕਤੀਮਾਨ ਪਰਮੇਸ਼ੁਰ ਵੱਲ ਮੁੜੇਂ ਅਤੇ ਜੇ ਤੂੰ ਬਦੀ ਆਪਣੇ ਤੰਬੂਆਂ ਵਿੱਚੋਂ ਦੂਰ ਕਰੇਂ, ਤਾਂ ਤੂੰ ਬਣਿਆ ਰਹੇਂਗਾ,
[24] ਜੇ ਤੂੰ ਆਪਣਾ ਸੋਨਾ ਮਿੱਟੀ ਵਿੱਚ, ਸਗੋਂ ਓਫੀਰ ਦਾ ਸੋਨਾ ਨਦੀਆਂ ਦੇ ਪੱਥਰਾਂ ਵਿੱਚ ਪਾ ਦੇਵੇਂ,
[25] ਤਾਂ ਸਰਬ ਸ਼ਕਤੀਮਾਨ ਆਪ ਤੇਰਾ ਸੋਨਾ, ਅਤੇ ਤੇਰੀ ਅਣਮੁੱਲ ਚਾਂਦੀ ਹੋਵੇਗਾ।
[26] ਤਦ ਤੂੰ ਸਰਬ ਸ਼ਕਤੀਮਾਨ ਨਾਲ ਨਿਹਾਲ ਹੋਵੇਂਗਾ, ਅਤੇ ਆਪਣਾ ਮੂੰਹ ਪਰਮੇਸ਼ੁਰ ਵੱਲ ਚੁੱਕੇਂਗਾ।
[27] ਤੂੰ ਉਹ ਦੇ ਅੱਗੇ ਬੇਨਤੀ ਕਰੇਂਗਾ ਅਤੇ ਉਹ ਤੇਰੀ ਸੁਣੇਗਾ, ਅਤੇ ਤੂੰ ਆਪਣੀਆਂ ਸੁੱਖਣਾ ਪੂਰੀਆਂ ਕਰੇਂਗਾ।
[28] ਜੋ ਕੁਝ ਤੂੰ ਕਰਨਾ ਚਾਹੇਂ, ਉਹ ਤੇਰੇ ਲਈ ਠਹਿਰਾਈ ਜਾਵੇਗੀ, ਅਤੇ ਚਾਨਣ ਤੇਰਿਆਂ ਰਾਹਾਂ ਉੱਤੇ ਚਮਕੇਗਾ।
[29] ਜਦ ਉਹ ਤੈਨੂੰ ਨੀਵਾਂ ਕਰਨ ਤਾਂ ਤੂੰ ਆਖੇਂਗਾ ਕਿ ਇਹ ਤਾਂ ਉੱਚਾ ਹੋਣਾ ਹੈ! ਕਿਉਂਕਿ ਉਹ ਦੀਨ ਮਨੁੱਖ ਨੂੰ ਬਚਾਵੇਗਾ।
[30] ਜੋ ਬੇਦੋਸ਼ਾ ਨਹੀਂ ਉਹ ਉਸ ਨੂੰ ਵੀ ਬਚਾਵੇਗਾ, ਹਾਂ, ਆਪਣੇ ਹੱਥਾਂ ਦੀ ਸ਼ੁੱਧਤਾ ਨਾਲ ਤੂੰ ਬਚਾਇਆ ਜਾਵੇਂਗਾ।”