Skip to content
Opens in a new window
Listen to this chapter • 3:41

[1] ਦਾਊਦ ਦੇ ਪੁੱਤਰ ਇਸਰਾਏਲ ਦੇ ਰਾਜੇ ਸੁਲੇਮਾਨ ਦੀਆਂ ਕਹਾਉਤਾਂ,

[2] ਬੁੱਧ ਅਤੇ ਸਿੱਖਿਆ ਜਾਣਨ ਲਈ ਅਤੇ ਸਮਝ ਦੀਆਂ ਗੱਲਾਂ ਬੁੱਝਣ ਲਈ,

[3] ਚਤਰਾਈ ਦੀ ਸਿੱਖਿਆ ਪ੍ਰਾਪਤ ਕਰਨ ਲਈ, ਨਾਲੇ ਧਰਮ, ਨਿਆਂ ਅਤੇ ਇਨਸਾਫ਼ ਵੀ,

[4] ਭੋਲਿਆਂ ਨੂੰ ਸਿਆਣਪ ਅਤੇ ਜੁਆਨਾਂ ਨੂੰ ਗਿਆਨ ਅਤੇ ਮੱਤ ਦੇਣ ਲਈ,

[5] ਤਾਂ ਜੋ ਬੁੱਧਵਾਨ ਸੁਣ ਕੇ ਆਪਣੇ ਗਿਆਨ ਨੂੰ ਵਧਾਵੇ ਅਤੇ ਸਮਝ ਵਾਲਾ ਬੁੱਧ ਦੀਆਂ ਜੁਗਤਾਂ ਪ੍ਰਾਪਤ ਕਰੇ,

[6] ਤਾਂ ਜੋ ਉਹ ਕਹਾਉਤਾਂ, ਦ੍ਰਿਸ਼ਟਾਂਤਾਂ ਅਤੇ ਬੁੱਧਵਾਨਾਂ ਦੀਆਂ ਗੱਲਾਂ ਅਤੇ ਬੁਝਾਰਤਾਂ ਨੂੰ ਸਮਝਣ।

[7] ਯਹੋਵਾਹ ਦਾ ਭੈਅ ਮੰਨਣਾ ਗਿਆਨ ਦਾ ਮੁੱਢ ਹੈ, ਮੂਰਖ ਹੀ ਬੁੱਧ ਅਤੇ ਸਿੱਖਿਆ ਨੂੰ ਤੁੱਛ ਜਾਣਦੇ ਹਨ

[8] ਹੇ ਮੇਰੇ ਪੁੱਤਰ, ਤੂੰ ਆਪਣੇ ਪਿਤਾ ਦਾ ਉਪਦੇਸ਼ ਸੁਣ ਅਤੇ ਆਪਣੀ ਮਾਂ ਦੀ ਸਿੱਖਿਆ ਤਾਲੀਮ ਨੂੰ ਨਾ ਛੱਡੀਂ,

[9] ਕਿਉਂ ਜੋ ਉਹ ਤੇਰੇ ਸਿਰ ਲਈ ਸ਼ਿੰਗਾਰਨ ਵਾਲਾ ਸਿਹਰਾ ਅਤੇ ਤੇਰੇ ਗਲ਼ ਦੇ ਲਈ ਕੈਂਠਾ ਹੋਣਗੀਆਂ।

[10] ਹੇ ਮੇਰੇ ਪੁੱਤਰ, ਜੇ ਕਦੀ ਪਾਪੀ ਤੈਨੂੰ ਫ਼ੁਸਲਾਉਣ, ਤਾਂ ਤੂੰ ਉਨ੍ਹਾਂ ਦੀ ਗੱਲ ਨਾ ਮੰਨੀ।

[11] ਜੇ ਉਹ ਆਖਣ ਕਿ ਤੂੰ ਸਾਡੇ ਨਾਲ ਚੱਲ, ਅਸੀਂ ਖ਼ੂਨ ਕਰਨ ਲਈ ਘਾਤ ਲਾਈਏ, ਆਪਾਂ ਬੇਦੋਸ਼ਾਂ ਨੂੰ ਮਾਰਨ ਲਈ ਘਾਤ ਵਿੱਚ ਲੁੱਕ ਕੇ ਬੈਠੀਏ,

[12] ਅਸੀਂ ਉਹਨਾਂ ਨੂੰ ਪਤਾਲ ਵਾਂਗੂੰ ਅਤੇ ਕਬਰ ਵਿੱਚ ਪਏ ਹੋਇਆਂ ਵਾਂਗੂੰ ਜੀਉਂਦਾ ਅਤੇ ਸਾਬਤਾ ਹੀ ਨਿਗਲ ਲਈਏ।

[13] ਸਾਨੂੰ ਸਭ ਪਰਕਾਰ ਦੇ ਅਣਮੁੱਲੇ ਪਦਾਰਥ ਮਿਲਣਗੇ, ਅਸੀਂ ਲੁੱਟ ਦੇ ਮਾਲ ਨਾਲ ਆਪਣੇ ਘਰ ਭਰ ਲਵਾਂਗੇ!

[14] ਤੂੰ ਸਾਡੇ ਨਾਲ ਭਾਈਵਾਲ ਹੋ ਜਾ, ਸਾਡਾ ਸਾਰਿਆਂ ਦਾ ਇੱਕੋ ਹੀ ਬਟੂਆ ਹੋਵੇਗਾ।

[15] ਹੇ ਮੇਰੇ ਪੁੱਤਰ, ਤੂੰ ਉਨ੍ਹਾਂ ਦੇ ਨਾਲ ਉਸ ਰਾਹ ਵਿੱਚ ਨਾ ਤੁਰੀਂ, ਉਨ੍ਹਾਂ ਦੇ ਮਾਰਗ ਤੋਂ ਆਪਣੇ ਪੈਰ ਨੂੰ ਰੋਕ ਰੱਖੀਂ,

[16] ਕਿਉਂ ਜੋ ਉਨ੍ਹਾਂ ਦੇ ਪੈਰ ਬੁਰਿਆਈ ਕਰਨ ਨੂੰ ਭੱਜਦੇ ਅਤੇ ਖ਼ੂਨ ਕਰਨ ਨੂੰ ਫ਼ੁਰਤੀ ਕਰਦੇ ਹਨ!

[17] ਕਿਸੇ ਪੰਛੀ ਦੇ ਵੇਖਦਿਆਂ ਜਾਲ਼ ਵਿਛਾਉਣਾ ਵਿਅਰਥ ਹੈ।

[18] ਉਹ ਆਪਣਾ ਹੀ ਖ਼ੂਨ ਕਰਨ ਲਈ ਘਾਤ ਲਾਉਂਦੇ ਹਨ, ਉਹ ਆਪਣੀਆਂ ਹੀ ਜਾਨਾਂ ਦੇ ਲਈ ਲੁੱਕ ਕੇ ਜਾਲ਼ ਵਿਛਾਉਂਦੇ ਹਨ।

[19] ਨਫ਼ੇ ਦੇ ਸਾਰੇ ਲੋਭੀਆਂ ਦੀ ਚਾਲ ਅਜਿਹੀ ਹੀ ਹੁੰਦੀ ਹੈ, ਉਹ ਆਪਣੇ ਮਾਲਕਾਂ ਦੀ ਜਾਨ ਲੈ ਲੈਂਦਾ ਹੈ।

[20] ਬੁੱਧ ਗਲੀਆਂ ਵਿੱਚ ਉੱਚੀ-ਉੱਚੀ ਪੁਕਾਰਦੀ ਹੈ, ਉਹ ਚੌਂਕਾਂ ਵਿੱਚ ਹਾਕਾਂ ਮਾਰਦੀ ਹੈ।

[21] ਉਹ ਬਜ਼ਾਰਾਂ ਦੇ ਸਿਰਿਆਂ ਉੱਤੇ ਹੋਕਾ ਦਿੰਦੀ ਹੈ, ਉਹ ਫਾਟਕਾਂ ਦੇ ਲਾਂਘਿਆਂ ਉੱਤੇ ਅਤੇ ਸ਼ਹਿਰ ਵਿੱਚ ਇਹ ਗੱਲਾਂ ਆਖਦੀ ਹੈ,

[22] ਹੇ ਭੋਲਿਓ, ਤੁਸੀਂ ਕਦੋਂ ਤੱਕ ਭੋਲੇਪਣ ਨਾਲ ਪ੍ਰੀਤ ਰੱਖੋਗੇ? ਕਦੋਂ ਤੱਕ ਮਖ਼ੌਲੀਏ ਆਪਣੇ ਮਖ਼ੌਲਾਂ ਤੋਂ ਪਰਸੰਨ ਹੋਣਗੇ ਅਤੇ ਮੂਰਖ ਕਦੋਂ ਤੱਕ ਗਿਆਨ ਨਾਲ ਵੈਰ ਰੱਖਣਗੇ?

[23] ਮੇਰੀ ਝਿੜਕ ਸੁਣ ਕੇ ਮੁੜੋ! ਵੇਖੋ, ਮੈਂ ਆਪਣਾ ਆਤਮਾ ਤੁਹਾਡੇ ਉੱਤੇ ਵਹਾ ਦਿਆਂਗੀ, ਮੈਂ ਆਪਣੇ ਬਚਨ ਤੁਹਾਨੂੰ ਸਮਝਾਵਾਂਗੀ।

[24] ਮੈਂ ਤਾਂ ਪੁਕਾਰਿਆ ਪਰ ਤੁਸੀਂ ਨਾ ਸੁਣਿਆ, ਮੈਂ ਹੱਥ ਪਸਾਰਿਆ ਪਰ ਕਿਸੇ ਨੇ ਵੀ ਧਿਆਨ ਨਾ ਕੀਤਾ,

[25] ਸਗੋਂ ਤੁਸੀਂ ਮੇਰੀਆਂ ਸਾਰੀਆਂ ਮੱਤਾਂ ਨੂੰ ਵਿਸਾਰ ਦਿੱਤਾ, ਅਤੇ ਮੇਰੀ ਤਾੜ ਦੀ ਕੁਝ ਚਾਹ ਨਾ ਕੀਤੀ।

[26] ਮੈਂ ਵੀ ਤੁਹਾਡੀ ਬਿਪਤਾ ਉੱਤੇ ਹੱਸਾਂਗੀ ਅਤੇ ਜਦ ਤੁਹਾਡੇ ਉੱਤੇ ਭੈਅ ਆ ਪਵੇਗਾ ਤਾਂ ਮੈਂ ਤੁਹਾਡਾ ਮਖ਼ੌਲ ਉਡਾਵਾਂਗੀ,

[27] ਜਿਸ ਵੇਲੇ ਤੂਫ਼ਾਨ ਵਾਂਗੂੰ ਤੁਹਾਡੇ ਉੱਤੇ ਭੈਅ ਆ ਪਵੇਗਾ ਅਤੇ ਵਾਵਰੋਲੇ ਦੀ ਤਰ੍ਹਾਂ ਬਿਪਤਾ ਤੁਹਾਡੇ ਉੱਤੇ ਆਵੇਗੀ ਅਤੇ ਤੁਹਾਨੂੰ ਕਸ਼ਟ ਤੇ ਸੰਕਟ ਹੋਵੇਗਾ,

[28] ਉਸ ਵੇਲੇ ਉਹ ਮੇਰੀਆਂ ਦੁਹਾਈਆਂ ਦੇਣਗੇ, ਪਰ ਮੈਂ ਉੱਤਰ ਨਹੀਂ ਦਿਆਂਗੀ, ਉਹ ਮਨ ਲਾ ਕੇ ਮੈਨੂੰ ਭਾਲਣਗੇ, ਪਰ ਮੈਂ ਉਨ੍ਹਾਂ ਨੂੰ ਨਾ ਲੱਭਾਂਗੀ,

[29] ਕਿਉਂ ਜੋ ਉਨ੍ਹਾਂ ਨੇ ਗਿਆਨ ਨਾਲ ਵੈਰ ਰੱਖਿਆ ਅਤੇ ਯਹੋਵਾਹ ਦਾ ਭੈਅ ਮੰਨਣਾ ਪਸੰਦ ਨਾ ਕੀਤਾ,

[30] ਉਨ੍ਹਾਂ ਨੇ ਮੇਰੀ ਮੱਤ ਦੀ ਕੁਝ ਲੋੜ ਨਾ ਸਮਝੀ ਅਤੇ ਮੇਰੀ ਸਾਰੀ ਤਾੜ ਨੂੰ ਤੁੱਛ ਜਾਣਿਆ,

[31] ਇਸ ਲਈ ਉਹ ਆਪਣੀ ਕਰਨੀ ਦਾ ਫਲ ਭੋਗਣਗੇ ਅਤੇ ਆਪਣੀਆਂ ਜੁਗਤਾਂ ਨਾਲ ਰੱਜਣਗੇ,

[32] ਕਿਉਂ ਜੋ ਭੋਲੇ ਲੋਕ ਭਟਕ ਜਾਣ ਦੇ ਕਾਰਨ ਮਾਰੇ ਜਾਣਗੇ ਅਤੇ ਮੂਰਖਾਂ ਦੀ ਲਾਪਰਵਾਹੀ ਉਹਨਾਂ ਦਾ ਨਾਸ ਕਰੇਗੀ।

[33] ਪਰ ਜੋ ਮੇਰੀ ਸੁਣਦਾ ਹੈ, ਉਹ ਸੁੱਖ ਨਾਲ ਰਹੇਗਾ ਅਤੇ ਬਿਪਤਾ ਤੋਂ ਨਿਡਰ ਹੋ ਕੇ ਸ਼ਾਂਤੀ ਨਾਲ ਵੱਸੇਗਾ।

ਕਹਾਉਤਾਂ — Chapters