Skip to content
Opens in a new window
Listen to this chapter • 3:33

[1] ਦੁਸ਼ਟ ਨੱਠਦੇ ਹਨ ਭਾਵੇਂ ਕੋਈ ਪਿੱਛਾ ਕਰਨ ਵਾਲਾ ਵੀ ਨਾ ਹੋਵੇ, ਪਰ ਧਰਮੀ ਸ਼ੇਰ ਵਾਂਗੂੰ ਨਿਡਰ ਰਹਿੰਦੇ ਹਨ।

[2] ਦੇਸ ਦੇ ਵਿੱਚ ਅਪਰਾਧ ਦੇ ਕਾਰਨ ਉਸ ਦੇ ਹਾਕਮ ਬਦਲਦੇ ਰਹਿੰਦੇ ਹਨ, ਪਰ ਸਿਆਣੇ ਅਤੇ ਗਿਆਨਵਾਨ ਮਨੁੱਖ ਦੇ ਦੁਆਰਾ ਉਸ ਦਾ ਚੰਗਾ ਪ੍ਰਬੰਧ ਲੰਮੇ ਸਮੇਂ ਤੱਕ ਬਣਿਆ ਰਹੇਗਾ।

[3] ਜੋ ਕੰਗਾਲ ਮਨੁੱਖ ਗਰੀਬਾਂ ਨੂੰ ਦਬਾਉਂਦਾ ਹੈ, ਉਹ ਵਾਛੜ ਦੇ ਮੀਂਹ ਵਰਗਾ ਹੈ ਜਿਹੜਾ ਰੋਟੀ ਵੀ ਨਹੀਂ ਰਹਿਣ ਦਿੰਦਾ।

[4] ਬਿਵਸਥਾ ਦੇ ਤਿਆਗਣ ਵਾਲੇ ਦੁਸ਼ਟਾਂ ਦੀ ਮਹਿਮਾ ਕਰਦੇ ਹਨ, ਪਰ ਬਿਵਸਥਾ ਦੀ ਪਾਲਣਾ ਕਰਨ ਵਾਲੇ ਉਨ੍ਹਾਂ ਦਾ ਵਿਰੋਧ ਕਰਦੇ ਹਨ।

[5] ਬੁਰੇ ਮਨੁੱਖ ਨਿਆਂ ਨੂੰ ਨਹੀਂ ਸਮਝਦੇ, ਪਰੰਤੂ ਯਹੋਵਾਹ ਦੀ ਭਾਲ ਕਰਨ ਵਾਲੇ ਸਭ ਕੁਝ ਸਮਝਦੇ ਹਨ।

[6] ਕੰਗਾਲ ਜੋ ਖਰਿਆਈ ਨਾਲ ਚੱਲਦਾ ਹੈ, ਪੁੱਠੀ ਚਾਲ ਵਾਲੇ ਨਾਲੋਂ ਚੰਗਾ ਹੈ ਭਾਵੇਂ ਉਹ ਧਨੀ ਵੀ ਹੋਵੇ।

[7] ਬਿਵਸਥਾ ਦੀ ਪਾਲਣਾ ਕਰਨ ਵਾਲਾ ਸਮਝਦਾਰ ਪੁੱਤਰ ਹੈ, ਪਰ ਪੇਟੂਆਂ ਦਾ ਮੇਲੀ ਆਪਣੇ ਪਿਤਾ ਦਾ ਮੂੰਹ ਕਾਲਾ ਕਰਦਾ ਹੈ।

[8] ਜਿਹੜਾ ਬਿਆਜ ਅਤੇ ਕੁਧਰਮ ਦੀ ਖੱਟੀ ਨਾਲ ਧਨ ਵਧਾਉਂਦਾ ਹੈ, ਉਹ ਗਰੀਬਾਂ ਉੱਤੇ ਕਿਰਪਾ ਕਰਨ ਵਾਲੇ ਦੇ ਲਈ ਇਕੱਠਾ ਕਰਦਾ ਹੈ।

[9] ਜਿਹੜਾ ਬਿਵਸਥਾ ਨੂੰ ਸੁਣਨ ਤੋਂ ਕੰਨ ਫੇਰ ਲੈਂਦਾ ਹੈ, ਉਹ ਦੀ ਪ੍ਰਾਰਥਨਾ ਵੀ ਘਿਣਾਉਣੀ ਠਹਿਰਦੀ ਹੈ।

[10] ਜਿਹੜਾ ਸਚਿਆਰ ਨੂੰ ਕੁਰਾਹੇ ਪਾ ਦਿੰਦਾ ਹੈ, ਉਹ ਆਪਣੇ ਟੋਏ ਵਿੱਚ ਆਪ ਡਿੱਗ ਪਵੇਗਾ, ਪਰ ਖਰੇ ਲੋਕ ਚੰਗੀ ਮਿਰਾਸ ਪਾਉਣਗੇ।

[11] ਧਨਵਾਨ ਮਨੁੱਖ ਆਪਣੀ ਨਿਗਾਹ ਵਿੱਚ ਬੁੱਧਵਾਨ ਹੁੰਦਾ ਹੈ ਪਰ ਮੱਤ ਵਾਲਾ ਗਰੀਬ ਉਹ ਨੂੰ ਸਮਝ ਲੈਂਦਾ ਹੈ।

[12] ਜਦੋਂ ਧਰਮੀ ਜਿੱਤਦੇ ਹਨ ਤਾਂ ਬੜੀ ਸੋਭਾ ਹੁੰਦੀ ਹੈ, ਪਰ ਜਾਂ ਦੁਸ਼ਟ ਉੱਠਦੇ ਹਨ ਤਾਂ ਆਦਮੀ ਆਪਣੇ ਆਪ ਨੂੰ ਲੁਕੋ ਲੈਂਦੇ ਹਨ।

[13] ਜਿਹੜਾ ਆਪਣੇ ਅਪਰਾਧਾਂ ਨੂੰ ਲੁਕੋ ਲੈਂਦਾ ਹੈ ਉਹ ਸਫ਼ਲ ਨਹੀਂ ਹੁੰਦਾ, ਪਰ ਜੋ ਉਹਨਾਂ ਨੂੰ ਮੰਨ ਕੇ ਛੱਡ ਦਿੰਦਾ ਹੈ ਉਹ ਦੇ ਉੱਤੇ ਰਹਿਮ ਕੀਤਾ ਜਾਵੇਗਾ।

[14] ਧੰਨ ਹੈ ਉਹ ਮਨੁੱਖ ਜਿਹੜਾ ਸਦਾ ਯਹੋਵਾਹ ਦਾ ਭੈਅ ਮੰਨਦਾ ਹੈ, ਪਰ ਜੋ ਆਪਣੇ ਮਨ ਨੂੰ ਕਠੋਰ ਕਰ ਲੈਂਦਾ ਹੈ ਉਹ ਬਿਪਤਾ ਵਿੱਚ ਪੈ ਜਾਵੇਗਾ

[15] ਗਰੀਬ ਪਰਜਾ ਉੱਤੇ ਦੁਸ਼ਟ ਹਾਕਮ ਗੱਜਣ ਵਾਲੇ ਸ਼ੇਰ, ਅਤੇ ਫਿਰਦੇ ਰਿੱਛ ਵਰਗਾ ਹੈ।

[16] ਸਮਝਹੀਣ ਹਾਕਮ ਬਹੁਤਾ ਅਨ੍ਹੇਰ ਕਰਨ ਵਾਲਾ ਹੀ ਹੁੰਦਾ ਹੈ, ਪਰ ਜੋ ਲੋਭ ਤੋਂ ਘਿਣ ਕਰਦਾ ਹੈ ਉਹ ਆਪਣੇ ਦਿਨ ਲੰਮੇ ਕਰੇਗਾ।

[17] ਜਿਸ ਆਦਮੀ ਉੱਤੇ ਕਿਸੇ ਜਾਨ ਦੇ ਖੂਨ ਦਾ ਭਾਰ ਹੈ, ਉਹ ਟੋਏ ਵੱਲ ਨੱਸਦਾ ਹੈ, ਕੋਈ ਉਹ ਨੂੰ ਨਾ ਰੋਕੇ!

[18] ਜਿਹੜਾ ਖਰੀ ਚਾਲ ਚੱਲਦਾ ਹੈ ਉਹ ਬਚਾਇਆ ਜਾਵੇਗਾ, ਪਰ ਜਿਹ ਦੇ ਰਾਹ ਪੁੱਠੇ ਹਨ ਉਹ ਅਚਾਨਕ ਡਿੱਗ ਪਵੇਗਾ।

[19] ਜਿਹੜਾ ਆਦਮੀ ਜ਼ਮੀਨ ਵਾਹੁੰਦਾ ਹੈ ਉਹ ਰੋਟੀ ਨਾਲ ਰੱਜੇਗਾ। ਪਰ ਜਿਹੜਾ ਨਿਕੰਮਿਆਂ ਦੀ ਸੰਗਤ ਕਰਦਾ ਹੈ ਉਹ ਗਰੀਬੀ ਨਾਲ ਰੱਜੇਗਾ,

[20] ਸੱਚੇ ਮਨੁੱਖ ਉੱਤੇ ਵਧੇਰੀਆਂ ਅਸੀਸਾਂ ਹੋਣਗੀਆਂ, ਪਰ ਜਿਹੜਾ ਧਨਵਾਨ ਹੋਣ ਵਿੱਚ ਕਾਹਲੀ ਕਰਦਾ ਹੈ ਉਹ ਨਿਰਦੋਸ਼ ਨਾ ਠਹਿਰੇਗਾ।

[21] ਪੱਖਪਾਤ ਕਰਨਾ ਚੰਗਾ ਨਹੀਂ, ਅਤੇ ਇਹ ਵੀ ਚੰਗਾ ਨਹੀਂ ਕਿ ਮਨੁੱਖ ਰੋਟੀ ਦੀ ਇੱਕ ਬੁਰਕੀ ਦੇ ਲਈ ਅਪਰਾਧ ਕਰੇ।

[22] ਲੋਭੀ ਮਨੁੱਖ ਕਾਹਲੀ ਨਾਲ ਧਨ ਦਾ ਪਿੱਛਾ ਕਰਦਾ ਹੈ, ਅਤੇ ਨਹੀਂ ਜਾਣਦਾ ਭਈ ਗਰੀਬੀ ਉਹ ਦੇ ਉੱਤੇ ਆ ਪਵੇਗੀ

[23] ਆਦਮੀ ਨੂੰ ਤਾੜਨਾ ਦੇਣ ਵਾਲਾ ਅੰਤ ਨੂੰ ਉਸ ਨਾਲੋਂ ਜੋ ਚਾਪਲੂਸੀ ਕਰਦਾ ਹੈ, ਬਾਹਲੀ ਕਿਰਪਾ ਪਾਵੇਗਾ

[24] ਜਿਹੜਾ ਆਪਣੇ ਪਿਉ ਜਾਂ ਆਪਣੀ ਮਾਂ ਨੂੰ ਲੁੱਟ ਕੇ ਆਖਦਾ ਹੈ ਭਈ ਇਹ ਕੋਈ ਅਪਰਾਧ ਨਹੀਂ ਹੈ, ਉਹ ਨਾਸ ਕਰਨ ਵਾਲਿਆਂ ਦਾ ਸਾਥੀ ਠਹਿਰਦਾ ਹੈ।

[25] ਲੋਭੀ ਮਨੁੱਖ ਝਗੜਾ ਛੇੜਦਾ ਹੈ, ਪਰ ਜਿਹੜਾ ਯਹੋਵਾਹ ਉੱਤੇ ਭਰੋਸਾ ਰੱਖਦਾ ਹੈ ਉਹ ਰਿਸ਼ਟ-ਪੁਸ਼ਟ ਕੀਤਾ ਜਾਵੇਗਾ।

[26] ਜਿਹੜਾ ਆਪਣੇ ਆਪ ਉੱਤੇ ਹੀ ਭਰੋਸਾ ਰੱਖਦਾ ਹੈ ਉਹ ਮੂਰਖ ਹੈ, ਪਰ ਜੋ ਬੁੱਧ ਨਾਲ ਚੱਲਦਾ ਹੈ ਉਹ ਛੁਡਾਇਆ ਜਾਵੇਗਾ।

[27] ਜਿਹੜਾ ਕੰਗਾਲ ਨੂੰ ਦਾਨ ਕਰਦਾ ਹੈ ਉਹ ਨੂੰ ਕੋਈ ਥੁੜ ਨਾ ਹੋਵੇਗੀ, ਪਰ ਜੋ ਉਹਨਾਂ ਵੱਲੋਂ ਅੱਖੀਆਂ ਮੋੜ ਲੈਂਦਾ ਹੈ ਉਹ ਦੇ ਉੱਤੇ ਬਾਹਲੇ ਸਰਾਪ ਪੈਣਗੇ।

[28] ਜਦ ਦੁਸ਼ਟ ਉੱਠਦੇ ਹਨ ਤਾਂ ਆਦਮੀ ਲੁੱਕ ਜਾਂਦੇ ਹਨ, ਪਰ ਜਦੋਂ ਓਹ ਮਿਟ ਜਾਂਦੇ ਹਨ ਤਾਂ ਧਰਮੀ ਤਰੱਕੀ ਕਰਦੇ ਹਨ।

ਕਹਾਉਤਾਂ — Chapters