Skip to content
Opens in a new window
Listen to this chapter • 4:07

[1] ਹੇ ਮੇਰੇ ਪੁੱਤਰ, ਤੂੰ ਮੇਰੀ ਸਿੱਖਿਆ ਨੂੰ ਨਾ ਭੁੱਲ, ਸਗੋਂ ਆਪਣਾ ਮਨ ਲਗਾ ਕੇ ਮੇਰੇ ਹੁਕਮਾਂ ਦੀ ਪਾਲਣਾ ਕਰ,

[2] ਕਿਉਂ ਜੋ ਅਜਿਹਾ ਕਰਨ ਨਾਲ ਤੇਰੀ ਉਮਰ ਅਤੇ ਜੀਵਨ ਦੇ ਸਾਲਾਂ ਵਿੱਚ ਵਾਧਾ ਹੋਵੇਗਾ ਅਤੇ ਤੂੰ ਸ਼ਾਂਤੀ ਵਿੱਚ ਵੱਸੇਂਗਾ।

[3] ਦਯਾ ਅਤੇ ਸਚਿਆਈ ਤੇਰੇ ਤੋਂ ਅਲੱਗ ਨਾ ਹੋਣ, ਸਗੋਂ ਤੂੰ ਉਹਨਾਂ ਨੂੰ ਆਪਣੇ ਗਲ਼ ਦਾ ਹਾਰ ਬਣਾ, ਉਹਨਾਂ ਨੂੰ ਆਪਣੇ ਦਿਲ ਦੀ ਤਖ਼ਤੀ ਉੱਤੇ ਲਿਖ ਲੈ,

[4] ਤਦ ਤੂੰ ਪਰਮੇਸ਼ੁਰ ਅਤੇ ਮਨੁੱਖਾਂ ਦੀਆਂ ਨਜ਼ਰਾਂ ਵਿੱਚ ਕਿਰਪਾ ਅਤੇ ਨੇਕਨਾਮੀ ਪਾਵੇਂਗਾ।

[5] ਆਪਣੇ ਪੂਰੇ ਦਿਲ ਨਾਲ ਯਹੋਵਾਹ ਉੱਤੇ ਭਰੋਸਾ ਰੱਖ ਅਤੇ ਆਪਣੀ ਹੀ ਸਮਝ ਉੱਤੇ ਅਤਬਾਰ ਨਾ ਕਰ।

[6] ਆਪਣੇ ਸਾਰਿਆਂ ਰਾਹਾਂ ਵਿੱਚ ਉਹ ਨੂੰ ਯਾਦ ਰੱਖ ਅਤੇ ਉਹ ਤੇਰੇ ਮਾਰਗਾਂ ਨੂੰ ਸਿੱਧਾ ਕਰੇਗਾ।

[7] ਤੂੰ ਆਪਣੀ ਨਿਗਾਹ ਵਿੱਚ ਬੁੱਧਵਾਨ ਨਾ ਹੋ, ਯਹੋਵਾਹ ਦਾ ਭੈਅ ਰੱਖ ਅਤੇ ਬੁਰਿਆਈ ਤੋਂ ਦੂਰ ਰਹਿ।

[8] ਇਸ ਤੋਂ ਤੇਰਾ ਸਰੀਰ ਨਿਰੋਗ ਅਤੇ ਤੇਰੀਆਂ ਹੱਡੀਆਂ ਪੁਸ਼ਟ ਰਹਿਣਗੀਆਂ।

[9] ਆਪਣੇ ਸਾਰੇ ਮਾਲ ਅਤੇ ਆਪਣੀ ਸਾਰੀ ਪੈਦਾਵਾਰ ਦੇ ਪਹਿਲੇ ਫਲ ਨਾਲ ਯਹੋਵਾਹ ਦੀ ਮਹਿਮਾ ਕਰ,

[10] ਤਾਂ ਤੇਰੇ ਖੱਤੇ ਪੈਦਾਵਾਰ ਨਾਲ ਭਰੇ-ਪੂਰੇ ਰਹਿਣਗੇ ਅਤੇ ਤੇਰੇ ਦਾਖਾਂ ਦੇ ਹੌਦ ਨਵੇਂ ਰਸ ਨਾਲ ਛਲਕਣਗੇ।

[11] ਹੇ ਮੇਰੇ ਪੁੱਤਰ, ਤੂੰ ਯਹੋਵਾਹ ਦੀ ਤਾੜ ਨੂੰ ਤੁੱਛ ਨਾ ਜਾਣ ਅਤੇ ਜਦ ਉਹ ਤੈਨੂੰ ਝਿੜਕੇ ਤਾਂ ਤੂੰ ਬੁਰਾ ਨਾ ਮੰਨੀ,

[12] ਕਿਉਂ ਜੋ ਯਹੋਵਾਹ ਉਸੇ ਨੂੰ ਤਾੜਦਾ ਹੈ, ਜਿਸ ਦੇ ਨਾਲ ਪਿਆਰ ਕਰਦਾ ਹੈ, ਜਿਵੇਂ ਪਿਤਾ ਉਸ ਪੁੱਤਰ ਨੂੰ ਜਿਸ ਤੋਂ ਉਹ ਪ੍ਰਸੰਨ ਹੈ।

[13] ਧੰਨ ਹੈ ਉਹ ਮਨੁੱਖ ਜਿਸ ਨੂੰ ਬੁੱਧ ਲੱਭਦੀ ਹੈ ਅਤੇ ਉਹ ਪੁਰਸ਼ ਜਿਸ ਨੂੰ ਸਮਝ ਪ੍ਰਾਪਤ ਹੁੰਦੀ ਹੈ,

[14] ਕਿਉਂ ਜੋ ਉਹ ਦੀ ਪ੍ਰਾਪਤੀ ਚਾਂਦੀ ਦੀ ਪ੍ਰਾਪਤੀ ਨਾਲੋਂ ਅਤੇ ਉਹ ਦਾ ਲਾਭ ਚੋਖੇ ਸੋਨੇ ਨਾਲੋਂ ਚੰਗਾ ਹੈ।

[15] ਉਹ ਤਾਂ ਹੀਰੇ-ਮੋਤੀਆਂ ਨਾਲੋਂ ਵੀ ਬੇਸ਼ਕੀਮਤੀ ਹਨ ਅਤੇ ਜਿੰਨ੍ਹੀਆਂ ਵਸਤਾਂ ਦੀ ਤੈਨੂੰ ਚਾਹਤ ਹੈ, ਉਹਨਾਂ ਵਿੱਚੋਂ ਕੋਈ ਵੀ ਉਹ ਦੇ ਤੁੱਲ ਨਹੀਂ।

[16] ਲੰਮੀ ਉਮਰ ਉਹ ਦੇ ਸੱਜੇ ਹੱਥ ਵਿੱਚ ਹੈ ਅਤੇ ਖੱਬੇ ਹੱਥ ਵਿੱਚ ਧਨ ਅਤੇ ਆਦਰ ਹੈ।

[17] ਉਹ ਦੇ ਰਾਹ ਮਨਭਾਉਂਦੇ ਅਤੇ ਉਹ ਦੇ ਸਾਰੇ ਮਾਰਗ ਸ਼ਾਂਤੀ ਦੇ ਹਨ।

[18] ਜਿਹੜੇ ਉਹ ਨੂੰ ਗ੍ਰਹਿਣ ਕਰਦੇ ਹਨ, ਉਹ ਉਹਨਾਂ ਲਈ ਜੀਵਨ ਦਾ ਰੁੱਖ ਹੈ ਅਤੇ ਜੋ ਕੋਈ ਉਹ ਨੂੰ ਫੜ੍ਹੀ ਰੱਖਦਾ ਹੈ, ਉਹ ਖੁਸ਼ ਰਹਿੰਦਾ ਹੈ।

[19] ਯਹੋਵਾਹ ਨੇ ਬੁੱਧ ਨਾਲ ਧਰਤੀ ਦੀ ਨੀਂਹ ਧਰੀ ਅਤੇ ਸਮਝ ਨਾਲ ਅਕਾਸ਼ ਨੂੰ ਕਾਇਮ ਕੀਤਾ।

[20] ਉਹ ਦੇ ਗਿਆਨ ਨਾਲ ਹੀ ਡੁੰਘਿਆਈਆਂ ਫੁੱਟ ਨਿੱਕਲੀਆਂ ਅਤੇ ਬੱਦਲਾਂ ਵਿੱਚੋਂ ਤ੍ਰੇਲ ਪੈਂਦੀ ਹੈ।

[21] ਹੇ ਮੇਰੇ ਪੁੱਤਰ, ਬੁੱਧ ਅਤੇ ਵਿਵੇਕ ਨੂੰ ਸੰਭਾਲ ਕੇ ਰੱਖ, ਇਹਨਾਂ ਨੂੰ ਆਪਣੀਆਂ ਅੱਖੀਆਂ ਤੋਂ ਓਹਲੇ ਨਾ ਹੋਣ ਦੇ।

[22] ਤਦ ਇਨ੍ਹਾਂ ਤੋਂ ਤੈਨੂੰ ਜੀਵਨ ਮਿਲੇਗਾ ਅਤੇ ਤੇਰੇ ਗਲ਼ ਲਈ ਸ਼ਿੰਗਾਰ ਹੋਣਗੀਆਂ।

[23] ਤਦ ਤੂੰ ਆਪਣੇ ਰਾਹ ਵਿੱਚ ਨਿਡਰ ਚੱਲੇਂਗਾ ਅਤੇ ਤੇਰਾ ਪੈਰ ਠੇਡਾ ਨਾ ਖਾਵੇਗਾ।

[24] ਜਿਸ ਵੇਲੇ ਤੂੰ ਲੰਮਾ ਪਵੇਂਗਾ ਤਾਂ ਤੈਨੂੰ ਡਰ ਨਾ ਲੱਗੇਗਾ, ਹਾਂ, ਤੂੰ ਲੰਮਾ ਪਵੇਂਗਾ ਅਤੇ ਤੇਰੀ ਨੀਂਦ ਮਿੱਠੀ ਹੋਵੇਗੀ।

[25] ਅਚਾਨਕ ਆਉਣ ਵਾਲੇ ਭੈਅ ਤੋਂ ਨਾ ਡਰੀਂ ਅਤੇ ਨਾ ਹੀ ਦੁਸ਼ਟਾਂ ਉੱਤੇ ਆਉਣ ਵਾਲੀ ਬਿਪਤਾ ਤੋਂ,

[26] ਕਿਉਂ ਜੋ ਯਹੋਵਾਹ ਤੇਰੀ ਆਸ ਹੋਵੇਗਾ ਅਤੇ ਉਹ ਤੇਰੇ ਪੈਰ ਨੂੰ ਫਾਹੀ ਵਿੱਚ ਫਸਣ ਤੋਂ ਬਚਾਵੇਗਾ।

[27] ਜੇ ਤੇਰੇ ਵੱਸ ਵਿੱਚ ਹੋਵੇ, ਤਾਂ ਜਿਨ੍ਹਾਂ ਦਾ ਹੱਕ ਹੈ, ਉਨ੍ਹਾਂ ਦਾ ਭਲਾ ਕਰਨ ਤੋਂ ਨਾ ਰੁਕੀਂ।

[28] ਜੇ ਤੇਰੇ ਕੋਲ ਹੋਵੇ ਤਾਂ ਆਪਣੇ ਗੁਆਂਢੀ ਨੂੰ ਇਹ ਨਾ ਆਖੀਂ, ਕਿ ਤੂੰ ਜਾ, ਫੇਰ ਆਵੀਂ, ਮੈਂ ਕੱਲ ਤੈਨੂੰ ਦਿਆਂਗਾ।

[29] ਜਦ ਤੇਰਾ ਗੁਆਂਢੀ ਨਿਸ਼ਚਿੰਤ ਤੇਰੇ ਕੋਲ ਵੱਸਦਾ ਹੈ, ਤਾਂ ਉਹ ਦੀ ਹਾਨੀ ਦੀ ਜੁਗਤ ਨਾ ਕਰ।

[30] ਜਿਸ ਨੇ ਤੇਰਾ ਕੋਈ ਵਿਗਾੜ ਨਾ ਕੀਤਾ ਹੋਵੇ, ਉਸ ਦੇ ਨਾਲ ਐਂਵੇਂ ਹੀ ਝਗੜਾ ਨਾ ਕਰ।

[31] ਜ਼ਾਲਮ ਦੀ ਰੀਸ ਨਾ ਕਰ, ਨਾ ਉਹ ਦੀਆਂ ਸਾਰੀਆਂ ਗੱਲਾਂ ਵਿੱਚੋਂ ਕਿਸੇ ਉੱਤੇ ਨਾ ਚੱਲ,

[32] ਕਿਉਂ ਜੋ ਟੇਡੇ ਮਨੁੱਖਾਂ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਸਚਿਆਰਾਂ ਨਾਲ ਉਹ ਦੀ ਦੋਸਤੀ ਹੈ।

[33] ਦੁਸ਼ਟਾਂ ਦੇ ਘਰ ਉੱਤੇ ਯਹੋਵਾਹ ਦਾ ਸਰਾਪ ਪੈਂਦਾ ਹੈ, ਪਰ ਧਰਮੀਆਂ ਦੇ ਨਿਵਾਸ ਨੂੰ ਉਹ ਬਰਕਤ ਦਿੰਦਾ ਹੈ।

[34] ਸੱਚੀਂ ਮੁੱਚੀਂ ਠੱਠਾ ਕਰਨ ਵਾਲਿਆਂ ਉੱਤੇ ਉਹ ਠੱਠਾ ਮਾਰਦਾ ਹੈ, ਪਰ ਹਲੀਮਾਂ ਉੱਤੇ ਉਹ ਕਿਰਪਾ ਕਰਦਾ ਹੈ।

[35] ਬੁੱਧਵਾਨ ਆਦਰ ਦੇ ਵਾਰਿਸ ਹੋਣਗੇ, ਪਰ ਮੂਰਖਾਂ ਦੀ ਤਰੱਕੀ ਸਿਰਫ਼ ਸ਼ਰਮ ਹੀ ਹੋਵੇਗੀ!

ਕਹਾਉਤਾਂ — Chapters