Skip to content
Opens in a new window
Listen to this chapter • 3:03

[1] ਹੇ ਯਹੋਵਾਹ, ਮੇਰੀ ਪ੍ਰਾਰਥਨਾ ਸੁਣ, ਅਤੇ ਮੇਰੀ ਦੁਹਾਈ ਤੇਰੇ ਤੱਕ ਪਹੁੰਚੇ!

[2] ਮੇਰੇ ਔਖ ਦੇ ਦਿਨ ਮੈਥੋਂ ਆਪਣਾ ਮੂੰਹ ਨਾ ਲੁਕਾ, ਆਪਣਾ ਕੰਨ ਮੇਰੀ ਵੱਲ ਝੁਕਾ, ਜਿਸ ਦਿਨ ਮੈਂ ਤੈਨੂੰ ਪੁਕਾਰਾਂ ਮੈਨੂੰ ਛੇਤੀ ਉੱਤਰ ਦੇ!

[3] ਮੇਰੇ ਜਿਉਣ ਦੇ ਦਿਨ ਤਾਂ ਧੂੰਏਂ ਵਾਂਗੂੰ ਮੁੱਕ ਜਾਂਦੇ ਹਨ ਅਤੇ ਮੇਰੀਆਂ ਹੱਡੀਆਂ ਬਾਲਣ ਵਾਂਗੂੰ ਬਲਦੀਆਂ ਹਨ।

[4] ਘਾਹ ਦੀ ਨਿਆਈਂ ਮੇਰਾ ਮਨ ਮਾਰਿਆ ਗਿਆ ਤੇ ਸੁੱਕ ਗਿਆ, ਮੈਂ ਆਪਣੀ ਰੋਟੀ ਖਾਣੀ ਵੀ ਭੁੱਲ ਗਿਆ।

[5] ਮੇਰੇ ਕਰਾਹਣੇ ਦੀ ਅਵਾਜ਼ ਦੇ ਕਾਰਨ ਮੇਰੀਆਂ ਹੱਡੀਆਂ ਮੇਰੇ ਮਾਸ ਨਾਲ ਜੁੜ ਗਈਆਂ ਹਨ।

[6] ਮੈਂ ਉਜਾੜ ਦੇ ਲੰਮਢੀਂਗ ਦੇ ਤੁੱਲ ਹੋਇਆ, ਅਤੇ ਵਿਰਾਨੇ ਦਾ ਉੱਲੂ ਬਣਿਆ!

[7] ਮੈਂ ਜਾਗਦਾ ਰਿਹਾ ਅਤੇ ਉਸ ਚਿੜ੍ਹੀ ਵਰਗਾ ਬਣਿਆ, ਜਿਹੜੀ ਛੱਤ ਉੱਤੇ ਵੱਖਰੀ ਰਹਿੰਦੀ ਹੈ।

[8] ਮੇਰੇ ਵੈਰੀ ਸਾਰੇ ਦਿਨ ਮੈਨੂੰ ਉਲਾਂਭੇ ਦਿੰਦੇ ਹਨ, ਅਤੇ ਮੇਰੇ ਜਾਨੀ ਦੁਸ਼ਮਣ ਮੇਰਾ ਨਾਮ ਲੈ ਕੇ ਫਿਟਕਾਰਾਂ ਪਾਉਂਦੇ ਹਨ।

[9] ਮੈਂ ਤਾਂ ਰੋਟੀ ਵਾਂਗੂੰ ਸੁਆਹ ਫੱਕਦਾ ਹਾਂ, ਅਤੇ ਆਪਣੇ ਪੀਣ ਵਿੱਚ ਹੰਝੂ ਮਿਲਾਉਂਦਾ ਹਾਂ।

[10] ਇਹ ਤੇਰੇ ਗੁੱਸੇ ਤੇ ਕਹਿਰ ਕਾਰਨ ਹੋਇਆ, ਕਿਉਂ ਜੋ ਤੂੰ ਚੁੱਕ ਕੇ ਮੈਨੂੰ ਫੇਰ ਪਟਕਾ ਸੁੱਟ ਦਿੱਤਾ!

[11] ਮੇਰੇ ਦਿਨ ਢਲਦੇ ਸਾਯੇ ਵਾਂਗੂੰ ਹਨ, ਮੈਂ ਘਾਹ ਵਾਂਗੂੰ ਮੁੱਕ ਜਾਂਦਾ ਹਾਂ।

[12] ਪਰ ਤੂੰ ਹੇ ਯਹੋਵਾਹ, ਸਦਾ ਤੱਕ ਬਿਰਾਜਮਾਨ ਰਹੇਂਗਾ, ਅਤੇ ਤੇਰਾ ਸਿਮਰਨ ਪੀੜ੍ਹੀਓਂ ਪੀੜ੍ਹੀ ਤੱਕ!

[13] ਤੂੰ ਉੱਠੇਂਗਾ ਅਤੇ ਸੀਯੋਨ ਉੱਤੇ ਰਹਮ ਕਰੇਂਗਾ, ਕਿਉਂ ਜੋ ਤਰਸ ਖਾਣ ਦਾ ਸਮਾਂ, ਸਗੋਂ ਥਾਪਿਆ ਹੋਇਆ ਵੇਲਾ ਆ ਪੁੱਜਿਆ ਹੈ।

[14] ਤੇਰੇ ਦਾਸ ਤਾਂ ਉਹ ਦੇ ਪੱਥਰਾਂ ਵਿੱਚ ਪਰਸੰਨ ਹੁੰਦੇ ਹਨ, ਅਤੇ ਉਹ ਦੇ ਥੇਹ ਉੱਤੇ ਤਰਸ ਖਾਂਦੇ ਹਨ।

[15] ਇਉਂ ਕੌਮਾਂ ਯਹੋਵਾਹ ਦੇ ਨਾਮ ਤੋਂ ਭੈਅ ਖਾਣਗੀਆਂ, ਅਤੇ ਧਰਤੀ ਦੇ ਸਾਰੇ ਰਾਜੇ ਤੇਰੇ ਪਰਤਾਪ ਤੋਂ।

[16] ਜਦ ਯਹੋਵਾਹ ਨੇ ਸੀਯੋਨ ਨੂੰ ਬਣਾਇਆ, ਤਾਂ ਉਹ ਆਪਣੇ ਪਰਤਾਪ ਵਿੱਚ ਪ੍ਰਗਟ ਹੋਇਆ।

[17] ਉਸ ਨੇ ਲਾਚਾਰ ਦੀ ਪ੍ਰਾਰਥਨਾ ਵੱਲ ਮੂੰਹ ਕੀਤਾ, ਅਤੇ ਉਨ੍ਹਾਂ ਦੀ ਪ੍ਰਾਰਥਨਾ ਨੂੰ ਤੁੱਛ ਨਾ ਜਾਣਿਆ।

[18] ਇਹ ਗੱਲ ਆਉਣ ਵਾਲੀ ਪੀੜ੍ਹੀ ਲਈ ਲਿਖੀ ਜਾਵੇਗੀ, ਅਤੇ ਜਿਹੜੀ ਪਰਜਾ ਉਤਪੰਨ ਹੋਵੇਗੀ ਉਹ ਯਹੋਵਾਹ ਦੀ ਉਸਤਤ ਕਰੇਗੀ।

[19] ਉਸ ਨੇ ਤਾਂ ਆਪਣੇ ਪਵਿੱਤਰ ਸਥਾਨ ਦੀ ਉਚਿਆਈ ਤੋਂ ਨਿਗਾਹ ਕੀਤੀ ਹੈ, ਯਹੋਵਾਹ ਨੇ ਸਵਰਗ ਤੋਂ ਧਰਤੀ ਨੂੰ ਡਿੱਠਾ ਹੈ,

[20] ਕਿ ਗ਼ੁਲਾਮ ਦਾ ਹਾਉਂਕਾ ਸੁਣੇ, ਅਤੇ ਮਰਨ ਵਾਲਿਆਂ ਨੂੰ ਛੁਡਾਵੇ,

[21] ਤਾਂ ਲੋਕ ਸੀਯੋਨ ਵਿੱਚ ਯਹੋਵਾਹ ਦੇ ਨਾਮ ਦਾ, ਅਤੇ ਯਰੂਸ਼ਲਮ ਵਿੱਚ ਉਸ ਦੀ ਉਸਤਤ ਦਾ ਪਰਚਾਰ ਕਰਨ,

[22] ਜਦ ਲੋਕ ਅਤੇ ਰਜਵਾੜੇ ਯਹੋਵਾਹ ਦੀ ਉਪਾਸਨਾ ਕਰਨ ਲਈ ਇਕੱਠੇ ਹੋਣ।

[23] ਆਪਣੀ ਸਮਰੱਥਾ ਨਾਲ ਉਸ ਨੇ ਰਾਹ ਵਿੱਚ ਮੇਰੇ ਬਲ ਨੂੰ ਕਮਜ਼ੋਰ ਕੀਤਾ, ਉਸ ਨੇ ਮੇਰੀ ਉਮਰ ਨੂੰ ਘਟਾਇਆ।

[24] ਮੈਂ ਆਖਿਆ, ਹੇ ਮੇਰੇ ਪਰਮੇਸ਼ੁਰ, ਮੇਰੀ ਅੱਧੀ ਆਯੂ ਵਿੱਚ ਮੈਨੂੰ ਉਠਾ ਨਾ ਲੈ, ਪੀੜ੍ਹੀਓਂ ਪੀੜ੍ਹੀ ਤੇਰੇ ਵਰ੍ਹੇ ਹਨ!

[25] ਮੁੱਢੋਂ ਹੀ ਤੂੰ ਧਰਤੀ ਦੀ ਨੀਂਹ ਧਰੀ, ਅਤੇ ਅਕਾਸ਼ ਤੇਰੇ ਹੱਥਾਂ ਦੀ ਕਾਰੀਗਰੀ ਹਨ।

[26] ਉਹ ਨਾਸ ਹੋ ਜਾਣਗੇ, ਪਰ ਤੂੰ ਅਟੱਲ ਰਹੇਂਗਾ, ਉਹ ਸਾਰੇ ਕੱਪੜੇ ਵਾਂਗੂੰ ਪੁਰਾਣੇ ਹੋ ਜਾਣਗੇ, ਤੂੰ ਉਨ੍ਹਾਂ ਨੂੰ ਲਿਬਾਸ ਦੀ ਨਿਆਈਂ ਬਦਲ ਦੇਵੇਂਗਾ, ਸੋ ਉਹ ਬਦਲ ਜਾਣਗੇ!

[27] ਪਰ ਤੂੰ ਉਹ ਹੀ ਹੈਂ, ਅਤੇ ਤੇਰੇ ਜੀਵਨ ਦੇ ਵਰ੍ਹਿਆਂ ਦਾ ਅੰਤ ਨਹੀਂ ਹੋਵੇਗਾ।

[28] ਤੇਰੇ ਦਾਸਾਂ ਦੀ ਅੰਸ ਵੱਸੀ ਰਹੇਗੀ, ਅਤੇ ਉਨ੍ਹਾਂ ਦੀ ਨਸਲ ਤੇਰੇ ਸਨਮੁਖ ਕਾਇਮ ਰਹੇਗੀ।

ਜ਼ਬੂਰ — Chapters