[1] ਹੇ ਪਰਮੇਸ਼ੁਰ, ਮੇਰੀ ਪ੍ਰਾਰਥਨਾ ਉੱਤੇ ਕੰਨ ਲਗਾ, ਮੇਰੀ ਬੇਨਤੀ ਤੋਂ ਆਪਣੇ ਆਪ ਨੂੰ ਨਾ ਲੁਕਾ,
[2] ਮੇਰੀ ਵੱਲ ਧਿਆਨ ਕਰ ਅਤੇ ਮੈਨੂੰ ਉੱਤਰ ਦੇ! ਮੈਂ ਆਪਣੀ ਪਰੇਸ਼ਾਨੀ ਵਿੱਚ ਬੇਚੈਨ ਰਹਿੰਦਾ ਹਾਂ, ਅਤੇ ਮੈਂ ਹੂੰਗਦਾ ਰਹਿੰਦਾ ਹਾਂ,
[3] ਵੈਰੀ ਦੀ ਅਵਾਜ਼ ਦੇ ਕਾਰਨ, ਅਤੇ ਦੁਸ਼ਟ ਦੇ ਦਬਾਓ ਦੇ ਕਾਰਨ, ਕਿਉਂ ਜੋ ਉਹ ਮੇਰੀਆਂ ਮੁਸੀਬਤਾਂ ਵਧਾਉਂਦੇ ਹਨ, ਅਤੇ ਕ੍ਰੋਧ ਨਾਲ ਮੈਨੂੰ ਸਤਾਉਂਦੇ ਹਨ।
[4] ਮੇਰਾ ਦਿਲ ਬਹੁਤ ਦੁੱਖੀ ਹੈ, ਅਤੇ ਮੌਤ ਦਾ ਡਰ ਮੇਰੇ ਉੱਤੇ ਆ ਪਿਆ ਹੈ।
[5] ਡਰ ਅਤੇ ਥਰ-ਥਰਾਹਟ ਮੇਰੇ ਉੱਤੇ ਆ ਪਏ, ਅਤੇ ਘਬਰਾਹਟ ਨੇ ਮੈਨੂੰ ਦਬਾ ਲਿਆ ਹੈ।
[6] ਤਾਂ ਮੈਂ ਆਖਿਆ, ਕਾਸ਼ ਕਿ ਮੈਨੂੰ ਕਬੂਤਰ ਜਿਹੇ ਖੰਭ ਮਿਲਦੇ, ਤਾਂ ਮੈਂ ਉੱਡ ਜਾਂਦਾ ਤੇ ਅਰਾਮ ਪਾਉਂਦਾ!
[7] ਵੇਖੋ, ਮੈਂ ਦੂਰ ਵਾਟ ਉੱਡ ਜਾਂਦਾ, ਅਤੇ ਉਜਾੜ ਵਿੱਚ ਵਸੇਰਾ ਕਰਦਾ! ਸਲਹ।
[8] ਮੈਂ ਅਨ੍ਹੇਰੀ ਅਤੇ ਤੂਫਾਨ ਤੋਂ ਛੇਤੀ ਓਟ ਲੈਂਦਾ।
[9] ਹੇ ਪ੍ਰਭੂ, ਉਨ੍ਹਾਂ ਨੂੰ ਨਿਗਲ ਲੈ, ਉਨ੍ਹਾਂ ਦੀਆਂ ਜੀਭਾਂ ਵੱਖੋ-ਵੱਖਰੀਆਂ ਕਰ ਦੇ, ਕਿਉਂ ਜੋ ਮੈਂ ਨਗਰ ਵਿੱਚ ਅਨ੍ਹੇਰ ਅਤੇ ਝਗੜਾ ਵੇਖਿਆ ਹੈ!
[10] ਓਹ ਵੈਰੀ ਦਿਨ ਰਾਤ ਉਸ ਦੀਆਂ ਕੰਧਾਂ ਉੱਤੇ ਉਸ ਦੇ ਚਾਰ ਚੁਫ਼ੇਰੇ ਘੁੰਮਦੇ ਹਨ, ਬਦੀ ਅਤੇ ਸ਼ਰਾਰਤ ਉਸ ਦੇ ਅੰਦਰ ਹੈ।
[11] ਤਬਾਹੀ ਉਸ ਦੇ ਅੰਦਰ ਹੈ, ਧੱਕੇ ਸ਼ਾਹੀ ਅਤੇ ਹੇਰਾਫੇਰੀ ਉਸ ਦੇ ਬਜ਼ਾਰਾਂ ਤੋਂ ਅਲੱਗ ਨਹੀਂ ਹੁੰਦੀ।
[12] ਜਿਹੜਾ ਮੇਰੇ ਉੱਤੇ ਇਲਜ਼ਾਮ ਲਾਉਂਦਾ ਹੈ, ਉਹ ਤਾਂ ਮੇਰਾ ਵੈਰੀ ਨਹੀਂ ਸੀ, ਨਹੀਂ ਤਾਂ ਮੈਂ ਸਹਿ ਲੈਂਦਾ, ਅਤੇ ਜੋ ਮੇਰੇ ਵਿਰੁੱਧ ਫੁੱਲਦਾ ਸੀ, ਉਹ ਮੇਰਾ ਦੁਸ਼ਮਣ ਨਹੀਂ ਸੀ, ਨਹੀਂ ਤਾਂ ਮੈਂ ਉਸ ਤੋਂ ਲੁੱਕ ਜਾਂਦਾ,
[13] ਪਰ ਤੂੰ ਹੀ ਸੀ ਜੋ ਮੇਰੇ ਬਰਾਬਰ ਦਾ ਮਨੁੱਖ, ਮੇਰੇ ਨਾਲ ਦਾ ਅਤੇ ਮੇਰੀ ਜਾਣ-ਪਹਿਚਾਣ ਦਾ ਸੀ!
[14] ਅਸੀਂ ਆਪਸ ਵਿੱਚ ਮਿੱਠੀਆਂ-ਮਿੱਠੀਆਂ ਗੱਲਾਂ ਕਰਦੇ ਹੁੰਦੇ ਸੀ, ਅਤੇ ਸੰਗਤ ਦੇ ਨਾਲ ਪਰਮੇਸ਼ੁਰ ਦੇ ਭਵਨ ਵਿੱਚ ਫਿਰਦੇ ਹੁੰਦੇ ਸੀ।
[15] ਮੌਤ ਉਨ੍ਹਾਂ ਉੱਤੇ ਅਚਾਨਕ ਆ ਪਵੇ, ਉਹ ਜਿਉਂਦੇ ਜੀਅ ਪਤਾਲ ਵਿੱਚ ਉਤਰ ਜਾਣ, ਕਿਉਂ ਜੋ ਉਨ੍ਹਾਂ ਦੇ ਨਿਵਾਸ ਸਥਾਨਾਂ ਵਿੱਚ ਸਗੋਂ ਉਨ੍ਹਾਂ ਦੇ ਅੰਦਰ ਬੁਰਿਆਈ ਹੈ!
[16] ਪਰ ਮੈਂ ਪਰਮੇਸ਼ੁਰ ਨੂੰ ਪੁਕਾਰਾਂਗਾ, ਅਤੇ ਯਹੋਵਾਹ ਮੈਨੂੰ ਬਚਾ ਲਵੇਗਾ।
[17] ਸ਼ਾਮ, ਸਵੇਰ ਅਤੇ ਦੁਪਹਿਰ ਨੂੰ ਮੈਂ ਸ਼ਿਕਾਇਤ ਕਰਾਂਗਾ ਅਤੇ ਮੈਂ ਹੂੰਗਾਂਗਾ, ਅਤੇ ਉਹ ਮੇਰੀ ਅਵਾਜ਼ ਸੁਣੇਗਾ।
[18] ਉਹ ਨੇ ਮੇਰੀ ਜਾਨ ਨੂੰ ਹੱਲੇ ਵਿੱਚੋਂ ਅਸਾਨੀ ਨਾਲ ਛੁਡਾ ਲਿਆ, ਕਿਉਂ ਜੋ ਮੇਰੇ ਵਿਰੋਧੀ ਬਹੁਤ ਸਨ।
[19] ਪਰਮੇਸ਼ੁਰ ਸੁਣੇਗਾ ਅਤੇ ਉਨ੍ਹਾਂ ਨੂੰ ਉੱਤਰ ਦੇਵੇਗਾ, ਉਹ ਆਦ ਤੋਂ ਬਿਰਾਜਮਾਨ ਹੈ। ਸਲਹ। ਇਹ ਓਹ ਹਨ ਜਿਨ੍ਹਾਂ ਲਈ ਅਦਲ-ਬਦਲ ਨਹੀਂ, ਅਤੇ ਜਿਹੜੇ ਪਰਮੇਸ਼ੁਰ ਦਾ ਭੈਅ ਨਹੀਂ ਮੰਨਦੇ।
[20] ਉਹ ਨੇ ਆਪਣੇ ਸਾਥੀਆਂ ਉੱਤੇ ਹੱਥ ਚੁੱਕੇ ਹਨ, ਉਹ ਨੇ ਆਪਣੇ ਨੇਮ ਨੂੰ ਭਰਿਸ਼ਟ ਕੀਤਾ।
[21] ਉਹ ਦਾ ਮੂੰਹ ਮੱਖਣ ਨਾਲੋਂ ਵੀ ਚਿਕਨਾ ਸੀ, ਪਰ ਉਹ ਦੇ ਦਿਲ ਵਿੱਚ ਲੜਾਈ ਸੀ! ਉਹ ਦੀਆਂ ਗੱਲਾਂ ਤੇਲ ਨਾਲੋਂ ਵੀ ਕੂਲੀਆਂ ਸਨ, ਪਰ ਓਹ ਸਨ ਨੰਗੀਆਂ ਤਲਵਾਰਾਂ!
[22] ਆਪਣਾ ਭਾਰ ਯਹੋਵਾਹ ਉੱਤੇ ਸੁੱਟ, ਅਤੇ ਉਹ ਤੈਨੂੰ ਸੰਭਾਲੇਗਾ, ਓਹ ਧਰਮੀ ਨੂੰ ਕਦੇ ਨਾ ਡੋਲਣ ਦੇਵੇਗਾ।
[23] ਪਰ ਤੂੰ, ਹੇ ਪਰਮੇਸ਼ੁਰ, ਉਨ੍ਹਾਂ ਨੂੰ ਬਰਬਾਦੀ ਦੇ ਟੋਏ ਵਿੱਚ ਡੇਗ ਦੇਵੇਂਗਾ, ਹਤਿਆਰੇ ਅਤੇ ਕਪਟੀ ਮਨੁੱਖ ਆਪਣੀ ਅੱਧੀ ਉਮਰ ਤੱਕ ਵੀ ਨਾ ਪਹੁੰਚਣਗੇ, ਪਰ ਮੈਂ ਤੇਰੇ ਉੱਤੇ ਭਰੋਸਾ ਰੱਖਾਂਗਾ।